ਕਿਹਾ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਡੀ.ਐਸ.ਆਰ. ਤਕਨੀਕ ਅਪਨਾਉਣਾ ਸਮੇਂ ਦੀ ਮੁੱਖ ਲੋੜ
ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਕੇ ਪੰਜਾਬ ਸਰਕਾਰ ਵੱਲੋਂ ਐਲਾਨੀ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦਾ ਲਾਭ ਲੈਣ ਲਈ ਕਿਹਾ
ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਲਈ ਵਿੱਢੀ ਮੁਹਿੰਮ ਦਾ ਪਿੰਡ ਦਿਵਾਲੀ ਤੋਂ ਕੀਤਾ ਆਗਾਜ਼
ਜਲੰਧਰ, 20 ਮਈ
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਰਿਵਾਇਤੀ ਢੰਗ ਨਾਲ ਕਰਨ ਦੀ ਬਜਾਏ ਸਿੱਧੀ ਬਿਜਾਈ ਵਾਲੀ ਤਕਨੀਕ ਅਪਨਾਉਣ ਦਾ ਸੱਦਾ ਦਿੱਤਾ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਹੋਰ ਹੇਠਾਂ ਜਾਣ ਤੋਂ ਰੋਕਿਆ ਜਾ ਸਕੇ।
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਵਿੱਢੀ ਮੁਹਿੰਮ ਦਾ ਇਥੇ ਪਿੰਡ ਦਿਵਾਲੀ ਵਿਖੇ ਪ੍ਰਦਰਸ਼ਨੀ ਪਲਾਂਟ ਰਾਹੀਂ ਅਗਾਜ਼ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਡਿਗ ਰਹੇ ਪੱਧਰ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਦੀਆਂ ਅਜਿਹੀਆਂ ਤਕਨੀਕਾਂ ਅਪਨਾਉਣ ਦੀ ਜ਼ਰੂਰਤ ਹੈ, ਜਿਸ ਨਾਲ ਪਾਣੀ ਦੀ ਘੱਟ ਖਪਤ ਹੋਵੇ। ਪ੍ਰਦਰਸ਼ਨੀ ਪਲਾਟ ਦੀ ਡੀ.ਐਸ.ਆਰ. ਤਕਨੀਕ ਰਾਹੀਂ ਬਿਜਾਈ ਸਮੇਂ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਕੁੱਦੂ ਨਾ ਕਰਨ ਨਾਲ ਪਾਣੀ ਦੀ ਰੀਚਾਰਜਿੰਗ ਵਿੱਚ 10-12 ਫੀਸਦੀ ਦਾ ਵਾਧਾ ਹੁੰਦਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅੰਕੜਿਆਂ ਅਨੁਸਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 10-20 ਫੀਸਦੀ ਪਾਣੀ ਦੀ ਬੱਚਤ ਦੇ ਨਾਲ-ਨਾਲ ਪਨੀਰੀ ਪੁੱਟ ਕੇ ਲਗਾਉਣ ’ਤੇ ਲੱਗਦੀ ਲੇਬਰ ਦੀ ਵੀ ਬੱਚਤ ਹੁੰਦੀ ਹੈ। ਉਨ੍ਹਾਂ ਕਿਹਾ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਰਵਾਇਤੀ ਕੱਦੂ ਕਰਨ ਦੀ ਤਕਨੀਕ ਨਾਲ ਕਰਨ ਦੀ ਥਾਂ ਸਿੱਧੀ ਬਿਜਾਈ ਵਾਲੀ ਤਕਨੀਕ ਅਪਨਾਉਣੀ ਚਾਹੀਦੀ ਹੈ ਅਤੇ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਿਸ਼ ਕੀਤੀਆਂ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਹੀ ਬੀਜੀਆਂ ਜਾਣ ਤਾਂ ਜੋ ਪਾਣੀ ਦੀ ਖਪਤ ਨੂੰ ਘੱਟ ਕੀਤਾ ਜਾ ਸਕੇ।
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੰਜਾਬ ਸਰਕਾਰ ਵੱਲੋਂ ਐਲਾਨੀ ਸਹਾਇਤਾ ਰਾਸ਼ੀ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਵਾਲੀ ਤਕਨੀਕ ਅਪਨਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਇਸ ਦਾ ਲਾਭ ਲੈਣ ਲਈ ਝੋਨੇ ਦੀ ਬਿਜਾਈ ਲਈ ਡੀ.ਐਸ.ਆਰ. ਤਕਨੀਕ ਅਪਨਾਉਣ ਦੀ ਅਪੀਲ ਕੀਤੀ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਵਿੱਚ ਝੋਨੇ ਹੇਠ ਬੀਜੇ ਜਾਂਦੇ 1.73 ਲੱਖ ਹੈਕਟੇਅਰ ਰਕਬੇ ਵਿੱਚੋਂ ਸਿੱਧੀ ਬੀਜਾਈ ਹੇਠ 54800 ਹੈਕਟੇਅਰ ਰਕਬਾ ਬੀਜਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸਰਪੰਚਾਂ/ਨਬੰਰਦਾਰਾਂ ਅਪੀਲ ਕੀਤੀ ਕਿ ਆਪਣੇ ਪਿੰਡ ਵਿੱਚ ਪੰਜਾਬ ਸਰਕਾਰ ਦੀ ਇਸ 'ਪਾਣੀ ਬਚਾਓ ਮੁਹਿੰਮ' ਅਧੀਨ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪਿੰਡ ਦੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਅਤੇ ਰੋਜ਼ਾਨਾ ਅਨਾਊਂਸਮੈਂਟ ਰਾਹੀਂ ਕਿਸਾਨਾਂ ਨੂੰ ਉਤਸ਼ਾਹਤ ਕੀਤਾ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਕਿਸਾਨਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਪੱਧਰ ’ਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਆਪਣੀ ਕੁੱਲ ਝੋਨੇ ਦੀ ਖੇਤੀ ਦਾ 30 ਫੀਸਦੀ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਜ਼ਰੂਰ ਲਿਆਉਣ।
ਇਸ ਮੌਕੇ ਉਨ੍ਹਾਂ ਪਿਛਲੇ ਚਾਰ ਸਾਲਾਂ ਤੋਂ 17 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਸੁਖਵਿੰਦਰ ਸਿੰਘ ਅਤੇ ਗਗਨਦੀਪ ਸਿੰਘ ਦੀ ਸ਼ਲਾਘਾ ਕਰਦਿਆਂ ਹੋਰਨਾਂ ਕਿਸਾਨਾਂ ਨੂੰ ਵੀ ਉਨ੍ਹਾਂ ਤੋਂ ਪ੍ਰੇਰਨਾ ਲੈਣ ਲਈ ਕਿਹਾ।
ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਡਾ. ਸੁਰਿੰਦਰ ਸਿੰਘ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਅਜਿਹੀ ਤਕਨੀਕ ਹੈ, ਜਿਸ ਨਾਲ ਪਾਣੀ ਦੀ ਘੱਟ ਖਪਤ ਕਰਕੇ ਮਿਆਰੀ ਝੋਨੇ ਦੀ ਪੈਦਾਵਾਰ ਲਈ ਜਾ ਸਕਦੀ ਹੈ।ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਤੇ ਉਤਸ਼ਾਹਿਤ ਕਰਨ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਭੂਮੀ ਰੱਖਿਆ ਵਿਭਾਗ , ਬਾਗਬਾਨੀ ਵਿਭਾਗ ਅਤੇ ਮੰਡੀ ਬੋਰਡ ਦੇ ਕੁੱਲ 103 ਨੋਡਲ ਅਫ਼ਸਰ ਸ਼ਾਮਲ ਕੀਤੇ ਗਏ ਹਨ। ਇਸ ਦੇ ਨਾਲ ਹੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸੋਸ਼ਲ ਮੀਡੀਆ ਤੋਂ ਇਲਾਵਾ ਅਗਾਂਹਵਧੂ ਕਿਸਾਨਾਂ ਦੀਆਂ ਵੀਡੀਓਜ਼ ਦੂਜੇ ਕਿਸਾਨ ਦੀ ਪ੍ਰੇਰਨਾ ਹਿੱਤ ਬਣਾ ਕੇ ਕਿਸਾਨਾਂ ਦੇ ਵਾਟਸਐਪ ਗਰੁੱਪਾਂ ਵਿੱਚ ਭੇਜੀਆਂ ਜਾ ਰਹੀਆਂ ਹਨ।
ਇਸ ਦੌਰਾਨ ਵੱਖ-ਵੱਖ ਖੇਤੀ ਮਾਹਿਰਾਂ ਨੇ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤਕਨੀਕ ਰਾਹੀਂ ਪਾਣੀ ਬਚਾਉਣ ਲਈ ਤਰ ਵਤ੍ਹਰ ਹਾਲਤ ਵਿੱਚ ਸ਼ਾਮ ਵੇਲੇ ਬਿਜਾਈ ਕਰਨੀ ਚਾਹੀਦੀ ਹੈ ਅਤੇ ਸਿਫਾਰਿਸ਼ ਕੀਤੇ ਨਦੀਨਨਾਸ਼ਕ ਦਾ ਇਸਤੇਮਾਲ ਵੀ ਬਿਜਾਈ ਤੋਂ ਤੁਰੰਤ ਬਾਅਦ ਇਕੋਸਾਰ ਕਰਨਾ ਚਾਹੀਦਾ ਹੈ। ਇਸ ਮੌਕੇ ਕਿਸਾਨ ਸੁਖਵਿੰਦਰ ਸਿੰਘ ਤੇ ਗਗਨਦੀਪ ਸਿੰਘ ਪਿੰਡ ਦੀਵਾਲੀ, ਕੇਵਲ ਸਿੰਘ ਪਿੰਡ ਜਮਸ਼ੇਰ ਅਤੇ ਸੁਖਬੀਰ ਸਿੰਘ ਪਿੰਡ ਜਮਸ਼ੇਰ ਨੇ ਵੀ ਸਿੱਧੀ ਬਿਜਾਈ ਸਬੰਧੀ ਆਪਣੇ ਤਜ਼ੁਰਬੇ ਸਾਂਝੇ ਕੀਤੇ।
ਇਸ ਮੌਕੇ ਖੇਤੀਬਾੜੀ ਅਫ਼ਸਰ ਡਾ. ਨਰੇਸ਼ ਕੁਮਾਰ ਗੁਲਾਟੀ, ਖੇਤੀਬਾੜੀ ਅਫ਼ਸਰ ਡਾ. ਗੁਰਿੰਦਰਜੀਤ ਸਿੰਘ, ਖੇਤੀਬਾੜੀ ਅਫ਼ਸਰ ਜਲੰਧਰ ਪੂਰਬੀ ਡਾ.ਬਲਕਾਰ ਚੰਦ , ਐਗਰੀਕਲਚਰ ਇੰਜੀਨੀਅਰ ਮਨਮੋਹਨ ਕਾਲੀਆ, ਸਹਾਇਕ ਖੇਤੀਬਾੜੀ ਇੰਜੀਨੀਅਰ ਨਵਦੀਪ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਮਨਦੀਪ ਸਿੰਘ, ਖੇਤੀਬਾੜੀ ਅਧਿਕਾਰੀ ਅਰੁਣ ਕੋਹਲੀ, ਅਤੇ ਬਲਾਕ ਜਲੰਧਰ ਪੂਰਬੀ ਅਧੀਨ ਕੰਮ ਕਰ ਰਿਹਾ ਸਟਾਫ ਅਟੇ ਡੀ ਐਸ ਆਰ ਸਕੀਮ ਤਹਿਤ ਕੰਮ ਕਰ ਰਹੇ ਨੋਡਲ ਅਫਸਰ ਵੀ ਮੌਜੂਦ ਸਨ।
Contact Us To Share your Problem Or Latest News... Link
Reach out!