ਵੱਡੀ ਖਬਰ! ਡੇਅਰੀ ਕਿਸਾਨਾਂ ਵੱਲੋਂ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ, ਵੇਰਕਾ ਮਿਲਕ ਪਲਾਂਟ ਅੱਗੇ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ

ਮੋਹਾਲੀ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਹਜ਼ਾਰਾਂ ਡੇਅਰੀ ਫਾਰਮਰ ਅੱਜ ਵੇਰਕਾ ਮਿਲਕ ਪਲਾਂਟ ਵਿਖੇ ਇਕੱਠੇ ਹੋਏ ਅਤੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਧਰਨਾਕਾਰੀ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।ਪ੍ਰਦਰਸ਼ਨ ਕਰ ਰਹੇ ਡੇਅਰੀ ਕਿਸਾਨਾਂ ਨੇ ਕਿਹਾ ਕਿ ਖੇਤੀਬਾੜੀ ਤੋਂ ਬਾਅਦ ਡੇਅਰੀ ਫਾਰਮਿੰਗ ਪੰਜਾਬ ਦੇ ਕਿਸਾਨਾਂ ਲਈ ਰੋਜ਼ੀ-ਰੋਟੀ ਦਾ ਦੂਜਾ ਸਭ ਤੋਂ ਵੱਡਾ ਸਾਧਨ ਹੈ। ਰਾਜ ਅੱਜ ਵਪਾਰਕ ਡੇਅਰੀ ਫਾਰਮਿੰਗ ਵਿੱਚ ਦੇਸ਼ ਵਿੱਚ ਪਹਿਲੇ ਸਥਾਨ 'ਤੇ ਹੈ। ਪੂਰੇ ਦੇਸ਼ ਵਿੱਚ ਪੰਜਾਬ ਵਿੱਚ ਸਭ ਤੋਂ ਵੱਧ ਡੇਅਰੀ ਫਾਰਮਰ ਹਨ।ਉਨ੍ਹਾਂ ਕਿਹਾ ਕਿ ਪਸ਼ੂ ਖੁਰਾਕ ਦਾ ਵੱਡਾ ਹਿੱਸਾ ਸੋਇਆਬੀਨ ਹੈ ਜੋ ਇਕ ਸਾਲ ਪਹਿਲਾਂ 3200 ਰੁਪਏ ਪ੍ਰਤੀ ਕੁਇੰਟਲ ਸੀ, ਹੁਣ ਮਹਿੰਗਾ ਹੋ ਕੇ 10,000 ਰੁਪਏ ਹੋ ਗਿਆ ਹੈ ਅਤੇ ਹੁਣ ਇਸ ਦੀ ਕੀਮਤ 6500 ਰੁਪਏ ਪ੍ਰਤੀ ਕੁਇੰਟਲ ਹੈ। ਇਸ ਦੀ ਕੀਮਤ ਕਾਰਨ ਸਾਨੂੰ ਬਹੁਤ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਸਾਰੀਆਂ ਗਾਵਾਂ-ਮੱਝਾਂ ਨੂੰ ਗਰਮੀ ਤੋਂ ਬਚਾਉਣ ਲਈ ਪੱਖੇ ਵੀ ਲਗਾਉਣੇ ਪੈਂਦੇ ਹਨ ਅਤੇ ਬਿਜਲੀ ਦੀ ਬੇਤਰਤੀਬੀ ਸਪਲਾਈ ਦੇ ਮੱਦੇਨਜ਼ਰ ਡੀਜ਼ਲ ਦੀਆਂ ਕੀਮਤਾਂ ਵਧਣ ਕਾਰਨ ਜੈਨਸੈੱਟ ਚਲਾਉਣ ਦਾ ਖਰਚਾ ਵੀ ਕਾਫੀ ਵੱਧ ਗਿਆ ਹੈ। ਡੀਜ਼ਲ ਦੀਆਂ ਕੀਮਤਾਂ ਵਧਣ ਕਾਰਨ ਟਰੈਕਟਰਾਂ ਸਮੇਤ ਮਸ਼ੀਨਰੀ ਚਲਾਉਣ ਦਾ ਖਰਚਾ ਵੀ ਵਧ ਗਿਆ ਹੈ।ਉਨ੍ਹਾਂ ਕਿਹਾ ਕਿ ਡੇਅਰੀ ਫਾਰਮਰਜ਼ ਨੂੰ ਬੈਂਕਾਂ ਨੂੰ ਆਪਣੇ ਕਰਜ਼ੇ ਦੀਆਂ ਕਿਸ਼ਤਾਂ ਦੇਣੀਆਂ ਬੰਦ ਕਰਨ ਲਈ ਮਜ਼ਬੂਰ ਕੀਤਾ ਗਿਆ ਸੀ ਅਤੇ ਲਗਾਤਾਰ ਵੱਧ ਰਹੇ ਘਾਟੇ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ ਅਤੇ ਹੁਣ ਸਾਡੇ ਡੇਅਰੀ ਫਾਰਮ ਬੰਦ ਹੋਣ ਦੇ ਕੰਢੇ ਹਨ। ਸਟੋਰੇਜ ‘ਤੇ ਕੋਈ ਪਾਬੰਦੀ ਨਾ ਹੋਣ ਕਰਕੇ ਡੇਅਰੀ ਫੀਡ ਦੀਆਂ ਕੀਮਤਾਂ ਵੱਧਣ ਨਾਲ ਡੇਅਰੀ ਕਿਸਾਨਾਂ ਨੂੰ ਨੁਕਸਾਨ ਹੁੰਦਾ ਹੈ, ਜਿਸ ਕਰਕੇ ਦੁੱਧ ਦੀ ਪੈਦਾਵਾਰ ਵੀ ਸੂਬੇ ਵਿੱਚ ਅੱਗੇ ਨਾਲੋਂ ਘਟੀ ਹੈ।

Post a Comment