ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਡੇਂਗੂ ਦੀ ਰੋਕਥਾਮ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਰਹਿਣ ਦੀਆਂ ਹਦਾਇਤਾਂ
ਜਲੰਧਰ,(ਗੌਰਵ ਮੜੀਆ)- ਪੰਜਾਬ ਵਿੱਚ ਡੇਂਗੂ ਦੇ ਸਾਹਮਣੇ ਆ ਰਹੇ ਕੇਸਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਬੀਤੇ ਦਿਨ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਡੇਂਗੂ ਦੀ ਰੋਕਥਾਮ ਲਈ ਪੂਰੀ ਚੌਕਸੀ ਵਰਤਿਆਂ ਘਰਾਂ ਵਿੱਚ ਲਾਰਵਾ ਚੈੱਕ ਕਰਨ ਤੋਂ ਇਲਾਵਾ ਜਾਗਰੂਕਤਾ ਮੁਹਿੰਮ ਚਲਾਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਡੇਂਗੂ ਤੋਂ ਸੁਰੱਖਿਅਤ ਰੱਖਿਆ ਜਾ ਸਕੇ।ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਤੇ ਸਿੱਖਿਆ ਵਿਭਾਗ, ਨਗਰ ਨਿਗਮ ਤੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਘਰਾਂ ਵਿੱਚ ਲਾਰਵਾ ਚੈੱਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਹੁਣ ਤੱਕ 6299 ਘਰਾਂ ਦਾ ਸਰਵੇ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 36 ਘਰਾਂ ਵਿੱਚ ਲਾਰਵਾ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਡੇਂਗੂ ਦੇ ਦੋ ਮਰੀਜ਼ ਪਾਏ ਹਨ, ਜਿਨ੍ਹਾਂ ਵਿੱਚੋਂ ਇਕ ਸ਼ਹਿਰੀ ਅਤੇ ਇਕ ਪੇਂਡੂ ਇਲਾਕੇ ਨਾਲ ਸਬੰਧਤ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਰਵੇ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਇਲਾਕਿਆਂ ‘ਤੇ ਵਿਸ਼ੇਸ਼ ਤਵਜੋਂ ਦਿੱਤੀ ਜਾਵੇ, ਜਿਥੇ ਪਿਛਲੀ ਵਾਰ ਡੇਂਗੂ ਦੇ ਵਧੇਰੇ ਕੇਸ ਸਾਹਮਣੇ ਆਏ ਸਨ। ਜਾਗਰੂਕਤਾ ਗਤੀਵਿਧੀਆਂ ਚਲਾਉਣ ‘ਤੇ ਜ਼ੋਰ ਦਿੰਦਿਆਂ ਘਨਸ਼ਿਆਮ ਥੋਰੀ ਨੇ ਕਿਹਾ ਕਿ ਸਕੂਲੀ ਬੱਚਿਆਂ ਨੂੰ ਸ਼ਾਮਲ ਕਰਦਿਆਂ ਜ਼ਿਲ੍ਹੇ ਵਿੱਚ ਜਾਗਰੂਕਤਾ ਗਤੀਵਿਧੀਆਂ ਵਿੱਢੀਆਂ ਜਾਣ ਤਾਂ ਜੋ ਲੋਕਾਂ ਨੂੰ ਡੇਂਗੂ ਤੋਂ ਬਚਾਅ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ 31 ਮਈ ਨੂੰ 'ਵਰਲਡ ਨੋ ਤੰਬਾਕੂ ਡੇ' ਮੌਕੇ 16 ਤੋਂ 31 ਮਈ ਤੱਕ ਤੰਬਾਕੂ ਵਿਰੋਧੀ ਪੰਦਰਵਾੜਾ ਮਨਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ, ਜਿਸ ਤਹਿਤ ਹੋਰ ਜਾਗਰੂਕਤਾ ਗਤੀਵਿਧੀਆਂ ਤੋਂ ਇਲਾਵਾ ਜਨਤਕ ਥਾਵਾਂ, ਹੋਟਲ, ਰੈਸਟੋਰੈਂਟ ਆਦਿ ਵਿਖੇ ਜਾਗਰੂਕਤਾ ਪਰਚੇ ਵੰਡੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਕੋਟਪਾ 2003 ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਚਲਾਨ ਮੁਹਿੰਮ ਵੀ ਚਲਾਈ ਜਾਵੇਗੀ ਅਤੇ ਤੰਬਾਕੂ ਦੇ ਸਿਹਤ ’ਤੇ ਪੈਣ ਵਾਲੇ ਮਾੜੇ ਅਸਰ ਬਾਰੇ ਜਾਣਕਾਰੀ ਦੇਣ ਲਈ ਤੰਦਰੁਸਤ ਸਿਹਤ ਕੇਂਦਰਾਂ ਤੋਂ ਇਲਾਵਾ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਜਾਗਰੂਕਤਾ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ। ਜ਼ਿਲ੍ਹੇ ਵਿੱਚ ਫ਼ਸਲ ਦੀ ਰਹਿੰਦ-ਖੂਹੰਦ ਸਾੜਨ ਦੇ ਮਾਮਲਿਆਂ ਵਿੱਚ ਕੀਤੀ ਗਈ ਕਾਰਵਾਈ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਜਿਹੇ ਮਾਮਲਿਆਂ ਵਿੱਚ ਹੋਰ ਕਾਰਵਾਈ ਤੋਂ ਇਲਾਵਾ ਖਸਰਾ-ਗਿਰਦਾਵਰੀ ਵਿੱਚ ਲਾਲ ਇੰਦਰਾਜ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਇਸ ਮਾੜੇ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਹੜ੍ਹ ਤੋਂ ਸੁਰੱਖਿਆ ਸਬੰਧੀ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਇਨ੍ਹਾਂ ਵਿੱਚ ਤੇਜ਼ੀ ਲਿਆਉਂਦਿਆਂ ਇਨ੍ਹਾਂ ਨੂੰ ਮਾਨਸੂਨ ਤੋਂ ਪਹਿਲਾਂ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ । ਇਸ ਮੌਕੇ ਉਨ੍ਹਾਂ ਜ਼ਿਲ੍ਹੇ ਵਿੱਚ ਚੱਲ ਰਹੇ ਨੈਸ਼ਨਲ ਹਾਈਵੇ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਇਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਸਰਕਾਰ ਵੱਲੋਂ ਜਾਰੀ ਸਮਾਂ ਸਾਰਣੀ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਏ ਮੁਆਵਜ਼ੇ ਦੀ ਵੰਡ ਅਤੇ ਕਬਜ਼ੇ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਸਮੂਹ ਐਸ.ਡੀ.ਐਮਜ਼, ਸਿਵਲ ਸਰਜਨ ਡਾ. ਰਣਜੀਤ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।