ਜਲੰਧਰ,(ਵੈਲਕਮ ਬਿਉਰੋ )-ਨਾਜਾਇਜ਼ ਕਲੋਨੀਆਂ ਖਿਲਾਫ਼ ਸ਼ਿਕੰਜਾ ਕੱਸਦਿਆਂ ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.) ਨੇ ਡਿਪਟੀ ਕਮਿਸ਼ਨਰ-ਕਮ-ਮੁੱਖ ਪ੍ਰਸ਼ਾਸਕ ਘਨਸ਼ਿਆਮ ਥੋਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਿੰਡ ਢੱਡਾ ਵਿਖੇ ਇਕ ਅਣ-ਅਧਿਕਾਰਤ ਕਲੋਨੀ ਨੂੰ ਢਾਹ ਦਿੱਤਾ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਨਾਜਾਇਜ਼ ਕਲੋਨੀਆਂ ਖਿਲਾਫ਼ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਅਜਿਹੇ ਉਲੰਘਣਕਰਤਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਗੈਰ-ਕਾਨੂੰਨੀ ਕਾਰਵਾਈ ਲਈ ਕਾਲੋਨਾਈਜ਼ਰ ਖਿਲਾਫ਼ ਨੋਟਿਸ ਜਾਰੀ ਕਰ ਕੇ ਸਪੱਸ਼ਟੀਕਰਨ ਮੰਗਿਆ ਗਿਆ ਹੈ, ਜਿਸ ਤੋਂ ਬਾਅਦ ਅਥਾਰਟੀ ਵੱਲੋਂ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਇਹ ਵੀ ਦੱਸਿਆ ਕਿ ਜੇ.ਡੀ.ਏ. ਵੱਲੋਂ ਸਬ ਰਜਿਸਟਰਾਰ ਨੂੰ ਵੀ ਪਿੰਡ ਢੱਡਾ ਵਿਖੇ ਕਲੋਨੀ ਖਿਲਾਫ਼ ਕੀਤੀ ਗਈ ਕਾਰਵਾਈ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ ਤਾਂ ਜੋ ਇਸ ਨਾਜਾਇਜ਼ ਕਲੋਨੀ ਨਾਲ ਸਬੰਧਤ ਜਾਇਦਾਦ ਦੀ ਰਜਿਸਟਰੀ ਨੂੰ ਤੁਰੰਤ ਪ੍ਰਭਾਵ ਨਾਲ ਰੋਕਿਆ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਮਾਲ ਵਿਭਾਗ ਨੇ ਨਾਜਾਇਜ਼ ਕਲੋਨੀਆਂ ਵਧਣ ਦਾ ਗੰਭੀਰ ਨੋਟਿਸ ਲਿਆ ਹੈ, ਜਿਸ ਕਰਕੇ ਸਬ ਰਜਿਸਟਰਾਰ ਨੂੰ ਹਦਾਇਤ ਕੀਤੀ ਗਈ ਹੈ ਕਿ ਜਦੋਂ ਤੱਕ ਅਥਾਰਟੀ ਵੱਲੋਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੇਲ ਡੀਡ ਨੂੰ ਰਜਿਸਟਰ ਨਾ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗੈਰ-ਕਾਨੂੰਨੀ/ਅਣ-ਅਧਿਕਾਰਤ ਕਲੋਨੀਆਂ ਨਾ ਸਿਰਫ਼ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾ ਰਹੀਆਂ ਹਨ ਸਗੋਂ ਲੋਕਾਂ ਨਾਲ ਵੀ ਧੋਖਾ ਹੋ ਰਿਹਾ ਹੈ ਕਿਉਂਕਿ ਇਨ੍ਹਾਂ ਕਲੋਨੀਆਂ ਦੇ ਵਸਨੀਕਾਂ ਨੂੰ ਸੀਵਰੇਜ ਸਿਸਟਮ, ਬਿਜਲੀ, ਸੜਕ, ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਇਹ ਦੱਸਿਆ ਕਿ ਸੂਬਾ ਸਰਕਾਰ ਦੀ ਰੈਗੂਲਰਾਈਜ਼ੇਸ਼ਨ ਨੀਤੀ ਤਹਿਤ ਜਿਨ੍ਹਾਂ ਕਾਲੋਨਾਈਜ਼ਰਾਂ ਵੱਲੋਂ ਆਪਣੀਆਂ ਕਲੋਨੀਆਂ ਰੈਗੂਲਰ ਨਹੀਂ ਕਰਵਾਈਆਂ ਗਈਆਂ, ਉਨ੍ਹਾਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਲਈ ਪੁਲਿਸ ਵਿਭਾਗ ਨੂੰ ਹੁਕਮ ਜਾਰੀ ਕੀਤੇ ਜਾ ਰਹੇ ਹਨ।
Contact Us To Share your Problem Or Latest News... Link
Reach out!